ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀਬਾੜੀ ਆਰਡੀਨੈਂਸਾਂ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਪਰ ਇਸ ਵਿਚਾਲੇ ਬੀਤੇ ਦਿਨ ਲੋਕ ਸਭਾ ਵਿਚ ਇਨ੍ਹਾਂ ਤਿੰਨਾਂ ਬਿੱਲਾਂ ਨੂੰ ਪੇਸ਼ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਦੇ ਵਫਦ ਨਾਲ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਭਲਕੇ ਬੁੱਧਵਾਰ ਨੂੰ ਰਾਜਪਾਲ ਨੂੰ ਮਿਲਣ ਦਾ ਫੈਸਲਾ ਕੀਤਾ ਹੈ ਅਤੇ ਪੀਐਮ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਆਰਡੀਨੈਂਸਾਂ ਨੂੰ ਅੱਗੇ ਨਾ ਵਧਾਉਣ।

ਸੰਸਦ ਵਿਚ ਖੇਤੀ ਆਰਡੀਨੈਂਸਾਂ ਨੂੰ ਪੇਸ਼ ਕਰਨ ਤੋਂ ਪਹਿਲਾਂ ਕੇਂਦਰ ਵੱਲੋਂ ਪੰਜਾਬ ਨੂੰ ਭਰੋਸੇ ਵਿਚ ਲੈਣ ਦੇ ਦਾਅਵੇ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਨੂੰ ਕਾਨੂੰਨ ਬਣਾਉਣ ਲਈ ਅੱਗੇ ਨਾ ਵੱਧਣ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਉਹ ਆਪਣੀ ਪਾਰਟੀ ਦੇ 11 ਮੈਂਬਰੀ ਵਫਦ ਦੀ ਅਗਵਾਈ ਕਰਨਗੇ ਜਿਹੜਾ ਬੁੱਧਵਾਰ ਨੂੰ ਇਨ੍ਹਾਂ ਖਤਰਨਾਕ ਆਰਡੀਨੈਂਸਾਂ ਖਿਲਾਫ ਰਾਜਪਾਲ ਨੂੰ ਮਿਲ ਕੇ ਆਪਣਾ ਮੰਗ ਪੱਤਰ ਦੇਵੇਗਾ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਤੋਂ ਇਲਾਵਾ ਵਫਦ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖਲ ਸਮੇਤ ਪਾਰਟੀ ਦੇ ਕੁੱਝ ਮੰਤਰੀ ਅਤੇ ਵਿਧਾਇਕ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਰਾਜਪਾਲ ਨਾਲ ਮੁਲਾਕਾਤ ਦਾ ਫੈਸਲਾ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਵਿਚ ਕਿਸਾਨਾਂ ਦੇ ਸਖਤ ਵਿਰੋਧ ਪ੍ਰਦਰਸ਼ਨ ਦੇ ਬਾਵਜੂਦ ਸੰਸਦ ਵਿਚ ਤਿੰਨ ਆਰਡੀਨੈਂਸ ਪੇਸ਼ ਕਰਨ ਤੋਂ ਬਾਅਦ ਲਿਆ ਗਿਆ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੀਐਮ ਮੋਦੀ ਨੂੰ ਇਕ ਪੱਤਰ ਲਿਖ ਕੇ ਅਪੀਲ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੂੰ ਨਿਰਾਸ਼ ਨਾ ਕਰਨ ਅਤੇ ਆਰਡੀਨੈਂਸ ਨੂੰ ਅੱਗੇ ਨਾ ਵਧਾਉਣ ਲਈ ਉਨ੍ਹਾਂ ਦੀ ਬੇਨਤੀ ਉੱਤੇ ਵਿਚਾਰ ਕਰਨ ਜਿਹੜੇ ਕਿ ਕਿਸਾਨਾਂ ਦੇ ਹਿੱਤ ਵਿਚ ਨਹੀਂ ਹੈ।

ਉੱਥੇ ਹੀ ਕੇਂਦਰੀ ਗ੍ਰਾਹਕ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਰਾਓਸਾਹਿਬ ਪਾਟਿਲ ਦਾਨਲੇ ਵੱਲੋਂ ਸੰਸਦ ਵਿਚ ਬਿਆਨ ਦਿੱਤਾ ਗਿਆ ਸੀ ਕਿ ਖੇਤੀਬਾੜੀ ਬਾਰੇ ਅਧਿਕਾਰਤ ਕਮੇਟੀ ਨੇ ਸਾਰੇ ਮੈਂਬਰ ਸੂਬਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਆਰਡੀਨੈਂਸ ਉੱਤੇ ਫੈਸਲਾ ਲਿਆ ਹੈ ਜਿਸ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਸੀਐਮ ਕੈਪਟਨ ਨੇ ਕਿਹਾ ਕਿ ਇਹ ਗੈਰ-ਜ਼ਿੰਮੇਵਾਰ ਹੈ, ਕਿਉਂਕਿ ਪੰਜਾਬ ਨੇ ਅਜਿਹੇ ਕਿਸੇ ਵੀ ਕਦਮ ਦਾ ਸਮਰਥਨ ਨਹੀਂ ਕੀਤਾ ਅਤੇ ਨਾ ਹੀ ਆਰਡੀਨੈਂਸ ਜਾਰੀ ਕਰਨ ਤੋਂ ਪਹਿਲਾਂ ਕੋਈ ਸਲਾਹ-ਮਸ਼ਵਰਾ ਕੀਤਾ ਗਿਆ ਹੈ।

LEAVE A REPLY