ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਸੰਸਦ ਦੇ ਦੋਵੇਂ ਸਦਨਾਂ ਵਿਚ ਖੇਤੀ ਨਾਲ ਸਬੰਧਤ ਤਿੰਨੋਂ ਬਿੱਲ ਪਾਸ ਹੋ ਚੁੱਕੇ ਹਨ ਪਰ ਉੱਥੇ ਹੀ ਕਿਸਾਨਾਂ ਦਾ ਇਨ੍ਹਾਂ ਬਿੱਲਾਂ ਵਿਰੁੱਧ ਵਿੱਢਿਆ ਸੰਘਰਸ਼ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ। ਪੰਜਾਬ ਦੀਆਂ ਸਾਰੀਆਂ ਕਿਸਾਨ ਜੱਥੇਬੰਦੀਆਂ ਨੇ ਇੱਕ ਮੰਚ ਉੱਤੇ ਇੱਕਠੇ ਹੋ ਕੇ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ ਅਤੇ ਇਸੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਪ੍ਰੀਤ ਸਿੰਘ ਕਾਦੀਆ ਨੇ ਦੱਸਿਆ ਕਿ 25 ਸਤੰਬਰ ਨੂੰ ਸਰਕਾਰ ਨੂੰ ਇਹ ਸੁਨੇਹਾ ਦਿੱਤਾ ਜਾਵੇਗਾ ਕਿ ਕਿਸਾਨ ਆਰ-ਪਾਰ ਦੀ ਲੜਾਈ ਲੜਨ ਲਈ ਤਿਆਰ ਹਨ ਪਰ ਇਹ ਕਾਨੂੰਨ ਕਿਸੇ ਵੀ ਸੂਰਤ ਵਿਚ ਲਾਗੂ ਨਹੀਂ ਹੋਣ ਦੇਣਗੇ।

ਹਰਪ੍ਰੀਤ ਕਾਦੀਆਂ ਨੇ ਦੱਸਿਆ ਕਿ 25 ਸਤੰਬਰ ਨੂੰ ਪੰਜਾਬ ਬੰਦ ਦੇ ਸਬੰਧ ਵਿਚ ਸਾਰੀਆਂ ਕਿਸਾਨ ਜੱਥੇਬੰਦੀਆਂ ਇੱਕਜੁੱਟ ਹੋ ਗਈਆਂ ਹਨ ਅਤੇ ਇਸ ਬੰਦ ਵਿਚ ਸਾਰੀਆਂ 30 ਕਿਸਾਨ ਜੱਥੇਬੰਦੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਬੰਦ ਸ਼ਾਂਤੀ ਪੂਰਨ ਢੰਗ ਨਾਲ ਹੋਵੇਗਾ। ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ ਅਤੇ ਕਿਸੇ ਤਰ੍ਹਾਂ ਦੀ ਹੁਲੜਬਾਜ਼ੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਰਾਜਨੀਤਿਕ ਪਾਰਟੀਆਂ ਨੂੰ ਵੀ ਸਿਆਸਤ ਛੱਡੇ ਕੇ ਕਿਸਾਨਾਂ ਦਾ ਸਾਥ ਦੇਣ ਅਤੇ ਇਕ ਬੈਨਰ ਹੇਠ ਇੱਕਠੇ ਹੋ ਕੇ ਬਿੱਲਾਂ ਦਾ ਵਿਰੋਧ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਹਰਪ੍ਰੀਤ ਕਾਦੀਆ ਨੇ ਸਰਕਾਰ ਵੱਲੋਂ ਰੱਬੀ ਦੀਆਂ ਫਸਲਾ ਦੇ ਵਧਾਏ ਐਮਐਸਪੀ ਨੂੰ ਵੀ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੱਤਾ ਅਤੇ ਕਿਹਾ ਕਿ ਕਣਕ ਦੀ ਐਮਐਸਪੀ 50 ਰੁਪਏ ਵਧਾਉਣ ਨਾਲ ਕਿਸਾਨਾਂ ਦੇ ਖਰਚੇ ਵੀ ਪੂਰੇ ਨਹੀਂ ਹੋਣੇ ਇਸ ਲਈ ਸੁਆਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਕਣਕ ਦੀ ਐਮਐਸਪੀ 3200 ਰੁਪਏ ਪ੍ਰਤੀ ਕੁਇੰਟਲ ਹੋਣੀ ਚਾਹੀਦੀ ਹੈ।

ਦੱਸ ਦਈਏ ਕਿ ਰਾਜਸਭਾ ਅਤੇ ਲੋਕਸਭਾ ਵਿਚ ਤਿੰਨੋਂ ਖੇਤੀ ਬਿੱਲ ਕਿਸਾਨ ਉਤਪਾਦਨ ਵਪਾਰ ਅਤੇ ਵਣਜ(ਤਰੱਕੀ ਅਤੇ ਸਹੂਲਤ) ਬਿੱਲ 2020, ਕਿਸਾਨੀ (ਸਸ਼ਕਤੀਕਰਣ ਅਤੇ ਸੁਰੱਖਿਆ) ਸਮਝੌਤਾ, ਕੀਮਤ ਅਸ਼ੋਰੈਂਸ ਅਤੇ ਫਾਰਮ ਸੇਵਾਵਾਂ ਬਿੱਲ 2020 ਅਤੇ ਜ਼ਰੂਰੀ ਵਸਤੂਆਂ(ਸੋਧ) ਬਿੱਲ ਪਾਸ ਹੋ ਚੁੱਕੇ ਹਨ। ਰਾਸ਼ਟਰਪਤੀ ਦੇ ਦਸਤਖਤਾਂ ਮਗਰੋਂ ਇਹ ਬਿੱਲ ਕਾਨੂੰਨ ਦੀ ਸ਼ਕਲ ਲੈ ਲੈਣਗੇ।

LEAVE A REPLY