ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਸ਼ਨੀਵਾਰ ਨੂੰ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਵਿਚ ਤਿਰੰਗਾ ਝੰਡਾ ਲਹਿਰਾਇਆ ਹੈ। ਇਸ ਖਾਸ ਮੌਕੇ ਉਨ੍ਹਾਂ ਨੇ ਸੂਬੇ ਦੇ ਲੋਕਾਂ ਲਈ ਕਈਂ ਯੋਜਵਾਨਾਂ ਦਾ ਐਲਾਨ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਦੋ ਸਾਲਾਂ ਵਿਚ ਇਕ ਲੱਖ ਸਰਕਾਰੀ ਨੌਕਰੀਆਂ ਸਮੇਤ ਕੁੱਲ ਛੇ ਲੱਖ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ।

ਆਪਣੇ ਆਜ਼ਾਦੀ ਦਿਹਾੜੇ ਦੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 50,000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਵਿੱਤੀ ਸਾਲ 2021 ਅਤੇ ਹੋਰ 50,000 ਨੌਕਰੀਆਂ ਵਿੱਤੀ ਸਾਲ 2022 ਦੌਰਾਨ ਦਿੱਤੀਆਂ ਜਾਣਗੀਆਂ। ਉਨ੍ਹਾਂ ਪ੍ਰਾਈਵੇਟ ਖੇਤਰ ਵਿੱਚ 50,000 ਨੌਜਵਾਨਾਂ ਦੀ ਪਲੇਸਮੈਂਟ ਦੇ ਟੀਚੇ ਨਾਲ ਅਗਲੇ ਮਹੀਨੇ ਵਰਚੁਅਲ ਮੈਗਾ ਜੌਬ ਮੇਲੇ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਯੋਜਨਾ ‘ਘਰ ਘਰ ਰੋਜ਼ਗਾਰ ਸਕੀਮ’ ਤਹਿਤ ਹੁਣ ਤੱਕ 13.60 ਲੱਖ ਨੌਜਵਾਨਾਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਉਤੇ 1046 ਕਰੋੜ ਰੁਪਏ ਖਰਚੇ ਜਾਣਗੇ ਜਦੋਂ ਕਿ ਸੂਬੇ ਦੇ ਸਾਰੇ ਪੇਂਡੂ ਤੇ ਸ਼ਹਿਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਿਹਤ ਬੀਮਾ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਉਨਾਂ ਦੀ ਸਰਕਾਰ ਬੇਜ਼ਮੀਨੇ ਕਿਸਾਨਾਂ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਜਾ ਰਹੀ ਹੈ। ਇਸ ਤੋਂ ਇਲਾਵਾ ਜਲਦ ਹੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਸ਼ੁਰੂ ਹੋਵੇਗਾ ਜਿਸ ਨਾਲ 1.41 ਕਰੋੜ ਲੋਕਾਂ ਨੂੰ ਫਾਇਦਾ ਮਿਲੇਗਾ ਜੋ ਵਾਜਬ ਕੀਮਤਾਂ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਦੇ ਯੋਗ ਹੋਣਗੇ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ”ਅਗਲੇ ਦੋ ਸਾਲਾਂ ਵਿੱਚ 12000 ਕਰੋੜ ਰੁਪਏ ਦੀ ਲਾਗਤ ਨਾਲ 1300 ਕਿਲੋਮੀਟਰ ਦੀਆਂ ਸੂਬਾਈ ਤੇ ਕੌਮੀ ਸੜਕਾਂ ਅਤੇ ਸੂਬੇ ਭਰ ਵਿੱਚ 750 ਪੇਂਡੂ ਖੇਡ ਸਟੇਡੀਅਮ ਬਣਾਏ ਜਾਣਗੇ। ਸਾਰੀ ਪੇਂਡੂ ਵਸੋਂ ਨੂੰ ਅਗਲੇ ਦੋ ਸਾਲਾਂ ਅੰਦਰ ਪੀਣਯੋਗ ਪਾਣੀ ਮਿਲੇਗਾ ਜਿਸ ਉਪਰ 1200 ਕਰੋੜ ਰੁਪਏ ਖਰਚੇ ਜਾਣਗੇ”। ਔਰਤਾਂ ਦੇ ਸਮਾਜਿਕ ਤੇ ਆਰਥਿਕ ਸ਼ਸਕਤੀਕਰਨ ਦੇ ਟੀਚੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਤਿ੍ਰਪਤਾ ਮਹਿਲਾ ਯੋਜਨਾ ਤੇ ਮਾਤਾ ਕਸਤੂਰਬਾ ਮਹਿਲਾ ਯੋਜਨਾ ਉਤੇ ਕੰਮ ਚੱਲ ਰਿਹਾ ਹੈ ਜੋ ਕਿ ਜਲਦ ਹੀ ਸ਼ੁਰੂ ਹੋਵੇਗੀ। ਉਨਾਂ ਕਿਹਾ ਕਿ ਸੂਬਾ ਸਰਕਾਰ ਦਿਵਿਆਂਗ ਲੋਕਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤੀ ਪ੍ਰਦਾਨ ਕਰਨ ਲਈ ਜਲਦ ਹੀ ਸਕੀਮ ਨੂੰ ਅੰਤਿਮ ਰੂਪ ਦੇ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬਾਰਵੀਂ ਦੇ 1.74 ਲੱਖ ਵਿਦਿਆਰਥੀਆਂ ਨੂੰ ਇਸ ਸਾਲ ਸਮਰਾਟ ਫੋਨ ਦਿੱਤੇ ਜਾ ਰਹੇ ਹਨ ਜੋ ਉਨਾਂ ਲਈ ਸਿੱਖਿਆ ਹਾਸਲ ਕਰਨ ਵਿੱਚ ਸਹਾਈ ਸਿੱਧ ਹੋੋਣਗੇ। ਸੀਐਮ ਕੈਪਟਨ ਅਨੁਸਾਰ ਕੋਵਿਡ ਮਹਾਂਮਾਰੀ ਉਤੇ ਪੰਜਾਬ ਜ਼ਰੂਰ ਫਤਿਹ ਪਾਵੇਗਾ, ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਖਿਲਾਫ ਲੜਾਈ ਵਿੱਚ ਉਨਾਂ ਦੀ ਸਰਕਾਰ ਨੂੰ ਖੁੱਲੇ ਦਿਲ ਨਾਲ ਸਹਿਯੋਗ ਕਰਨ।

LEAVE A REPLY