ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਵਾਇਰਸ ਕਾਰਨ ਮਾਰਚ ਵਿਚ ਬੰਦ ਕੀਤੇ ਗਏ ਕਰਤਾਰਪੁਰ ਕੋਰੀਡੋਰ ਨੂੰ ਪਾਕਿਸਤਾਨ ਨੇ ਮੁੜ ਤੋਂ ਖੋਲ੍ਹਣ ਦੀ ਤਿਆਰੀ ਕਰ ਲਈ ਹੈ। ਦਰਅਸਲ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੂਰੇਸ਼ੀ ਨੇ ਲਾਂਘੇ ਨੂੰ ਖੋਲਣ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਕਿਸਤਾਨ ਕਰਤਾਰਪੁਰ ਕੋਰੀਡੋਰ 29 ਜੂਨ 2020 ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਖੋਲ੍ਹਣ ਲਈ ਤਿਆਰ ਹੈ।

ਸ਼ਾਹ ਮਹਿਮੂਦ ਕੂਰੈਸ਼ੀ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ”ਦੁਨੀਆ ਭਰ ਵਿਚ ਧਾਰਮਿਕ ਸਥਾਨ ਖੁੱਲ੍ਹ ਗਏ ਹਨ। ਅਜਿਹੇ ਵਿਚ ਪਾਕਿਸਤਾਨ ਵੀ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਮੁੜ ਤੋਂ ਖੋਲ੍ਹਣ ਦੀ ਤਿਆਰੀ ਵਿਚ ਹੈ। ਅਸੀ ਭਾਰਤੀ ਪੱਖ ਨੂੰ ਜਾਣੂ ਕਰਵਾਉਂਦੇ ਹਾਂ ਕਿ 29 ਜੂਨ 2020 ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਅਸੀ ਕੋਰੀਡੋਰ ਨੂੰ ਮੁੜ ਤੋਂ ਖੋਲ੍ਹਣ ਲਈ ਤਿਆਰ ਹਨ”। ਹਾਲਾਂਕਿ ਪਾਕਿਸਤਾਨੀ ਵਿਦੇਸ਼ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਅਜੇ ਭਾਰਤ ਵੱਲੋਂ ਕੋਈ ਵੀ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਦੱਸ ਦਈਏ ਕਿ ਕੋਰੋਨਾ ਸੰਕਰਮਨ ਦੇ ਚੱਲਦੀਆਂ ਕਰਤਾਰਪੁਰ ਕੋਰੀਡੋਰ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਸੀ। ਭਾਰਤ ਸਰਕਾਰ ਨੇ ਇਸ ਲਈ 16 ਮਾਰਚ 2020 ਰਾਤ 12 ਵਜੇ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਕਰਵਾਈ ਜਾਂਦੀ ਆਨਲਾਈਨ ਰਜਿਸਟ੍ਰੇਸ਼ਨ ਅਗਲੇ ਹੁਕਮਾਂ ਤੱਕ ਅਸਥਾਈ ਰੂਪ ਨਾਲ ਬੰਦ ਕਰ ਦਿੱਤੀ ਸੀ। ਖੈਰ ਹੁਣ ਵੇਖਣਾ ਹੋਵੇਗਾ ਕਿ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਦੁਬਾਰਾ ਕਦੋਂ ਤੋਂ ਖੋਲਿਆ ਜਾਂਦਾ ਹੈ।

ਯਾਦ ਰਹੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਸੀ ਜਿਸ ਤੋਂ ਬਾਅਦ ਹਰ ਧਰਮ ਦੇ ਸ਼ਰਧਾਲੂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਲਈ ਕੋਰੀਡੋਰ ਰਾਹੀਂ ਬਾਰਡਰ ਪਾਰ ਜਾ ਰਹੇ ਸਨ।

LEAVE A REPLY