ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਭਾਰਤ ਵਿਚ ਕੋਰੋਨਾ ਵਾਇਰਸ ਲਗਾਤਾਰ ਖਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਦੇਸ਼ ਵਿਚੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਪੂਰੇ ਦੇਸ਼ ਵਿਚੋਂ ਕੋਰੋਨਾ ਦੇ ਕੇਸਾਂ ਦੀ ਸੰਖਿਆ 4200 ਨੂੰ ਵੀ ਪਾਰ ਕਰ ਚੁੱਕੀ ਹੈ। ਜਦਕਿ ਮਰਨ ਵਾਲਿਆਂ ਦਾ ਅੰਕੜਾ ਵੀ 110 ਤੋਂ ਵੱਧ ਹੋ ਚੁੱਕਿਆ ਹੈ।

ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਗੰਟਿਆਂ ਦੌਰਾਨ 704 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਕੋਰੋਨਾ ਦੇ ਕੇਸਾਂ ਦੀ ਕੁੱਲ ਸੰਖਿਆ ਵੱਧ ਕੇ 4,281 ਹੋ ਚੁੱਕੀ ਹੈ। ਉੱਥੇ ਹੀ ਮਰਨ ਵਾਲਿਆਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਦੇਸ਼ ਭਰ ਚੋਂ 111 ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ ਜਦਕਿ 381 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।ਉੱਥੇ ਹੀ ਪੂਰੀ ਦੁਨੀਆ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਕਰਕੇ ਇਸ ਦੇ ਇਲਾਜ ਵਿਚ ਪ੍ਰਭਾਵਸ਼ਾਲੀ ਮੰਨੀ ਜਾਣ ਵਾਲੀ ਹਾਈਡ੍ਰੋਕਸੀਕਲੋਰੋਕਵੀਨ ਦੀ ਮੰਗ ਵੀ ਕਾਫੀ ਵੱਧ ਰਹੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਦੁਨੀਆ ਭਰ ਦੇ 30 ਦੇਸ਼ਾਂ ਨੇ ਭਾਰਤ ਤੋਂ  ਹਾਈਡ੍ਰੋਕਸੀਕਲੋਰੋਕਵੀਨ ਦੀ ਮੰਗ ਕੀਤੀ ਹੈ ਜਿਸ ਵਿਚ ਅਮਰੀਕਾ ਵੀ ਸ਼ਾਮਲ ਹੈ। ਨਾਲ ਹੀ ਇਸ ਦੇ ਨਿਰਯਾਤ ਉੱਤੇ ਲਗਾਈ ਗਈ ਪਾਬੰਦੀ ਨੂੰ ਵੀ ਹਟਾਉਣ ਲਈ ਕਿਹਾ ਹੈ ਜਿਸ ਉੱਤੇ ਭਾਰਤ ਸਰਕਾਰ ਆਉਣ ਵਾਲੇ ਦਿਨਾਂ ਵਿਚ ਫ਼ੈਸਲਾ ਲੈ ਸਕਦੀ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਦੇ ਸੰਕਰਮਨ ਦੀ ਲੜੀ ਨੂੰ ਤੋੜਨ ਲਈ ਪੂਰੇ ਭਾਰਤ ਵਿਚ 21 ਦਿਨਾਂ ਲਈ ਲਾਕਡਾਊਨ ਕੀਤਾ ਹੋਇਆ ਹੈ ਜਿਸ ਦੌਰਾਨ ਕੇਵਲ ਐਮਰਜੈਂਸੀ ਸੇਵਾਵਾਂ ਨੂੰ ਹੀ ਮੰਜ਼ੂਰੀ ਦਿੱਤੀ ਗਈ ਹੈ ਅਤੇ ਸਾਰੀਆਂ ਗੈਰ-ਜ਼ਰੂਰੀ ਸੇਵਾਵਾਂ ਉੱਤੇ ਰੌਕ ਲਗਾਉਣ ਦੇ ਨਾਲ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਹੀ ਕਿਹਾ ਗਿਆ ਹੈ।

LEAVE A REPLY