ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦਾ ਮਾਮਲੇ ਵਿਚ ਗੰਭੀਰ ਆਰੋਪਾਂ ਦਾ ਸਾਹਮਣਾ ਕਰ ਰਹੇ ਸੁਮੇਧ ਸੈਣੀ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੋਰਟ ਨੇ ਸੈਣੀ ਦੀ ਗਿਰਫ਼ਤਾਰੀ ਉੱਤੇ ਫਿਲਹਾਲ ਲਈ ਰੋਕ ਲਗਾ ਦਿੱਤੀ ਹੈ।

ਦਰਅਸਲ ਮੁਹਾਲੀ ਕੋਰਟ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੇ ਵੀ ਸੁਮੇਧ ਸੈਣੀ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਸ ਦੇ ਕੇਸ ਨੂੰ ਪੰਜਾਬ ਤੋਂ ਬਾਹਰ ਟਰਾਂਸਫਰ ਕਰਨ ਦੀ ਮੰਗ ਵੀ ਰੱਦ ਕਰ ਦਿੱਤੀ ਸੀ ਜਿਸ ਤੋਂ ਬਾਅਦ ਗਿਰਫਤਾਰੀ ਤੋਂ ਬੱਚਣ ਲਈ ਸੁਮੇਧ ਸੈਣੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਅਤੇ ਅੱਜ ਕੋਰਟ ਨੇ ਸੈਣੀ ਦੀ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਫਿਲਹਾਲ ਲਈ ਗਿਰਫਤਾਰੀ ਉੱਤੇ ਰੋਕ ਲਗਾ ਦਿੱਤੀ ਹੈ। ਕੋਰਟ ਨੇ ਪੰਜਾਬ ਸਰਕਾਰ ਨੂੰ ਵੀ ਨੋਟਿਸ ਜਾਰੀ ਕਰਕੇ ਇਸ ਮਾਮਲੇ ਵਿਚ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸੈਣੀ ਨੂੰ ਪੁਲਿਸ ਨਾਲ ਜਾਂਚ ਵਿਚ ਸਹਿਯੋਗ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਪੁਲਿਸ ਦੁਆਰਾ ਸੈਣੀ ਨੂੰ ਗਿਰਫਤਾਰ ਕਰਨ ਲਈ ਉਸ ਦੇ ਚੰਡੀਗੜ੍ਹ ਸਥਿਤ ਘਰ ਅਤੇ ਬਾਹਰਲੇ ਸੂਬਿਆਂ ਵਿਚ ਛਾਪੇਮਾਰੀ ਕੀਤੀ ਗਈ ਸੀ ਪਰ ਉਹ ਆਪਣੀ ਜੈੱਡ ਪਲੱਸ ਸੁਰੱਖਿਆ ਛੱਡ ਕੇ ਰੂਪੋਸ਼ ਹੈ।

ਕੀ ਹੈ ਪੂਰਾ ਮਾਮਲਾ

ਦਰਅਸਲ 1991 ਵਿਚ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸਨ, ਸੈਣੀ ‘ਤੇ ਉਸ ਵੇਲੇ ਦਹਿਸ਼ਤਗਰਦੀ ਹਮਲਾ ਹੋਇਆ ਸੀ ਜਿਸ ਵਿੱਚ ਸੁਮੇਧ ਸੈਣੀ ਦੇ ਚਾਰ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ ਅਤੇ ਉਹ ਜਖਮੀ ਹੋ ਗਏ ਸਨ। ਇਲਜ਼ਾਮ ਹੈ ਕੀ ਸੁਮੇਧ ਸਿੰਘ ਸੈਣੀ ਦੇ ਇਸ਼ਾਰੇ ‘ਤੇ ਸਾਬਕਾ IAS ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਘਰ ਤੋਂ ਚੁੱਕਿਆ ਗਿਆ ਸੀ ਇਸ ਤੋਂ ਬਾਅਦ ਕਿਹਾ ਗਿਆ ਸੀ ਕਿ ਬਲਵੰਤ ਸਿੰਘ ਮੁਲਤਾਨੀ ਪੁਲਿਸ ਦੀ ਗਿਰਫ਼ਤ ਤੋਂ ਭੱਜ ਗਿਆ, ਜਦਕਿ ਮੁਲਤਾਨੀ ਦੇ ਪਰਿਵਾਰ ਦਾ ਆਰੋਪ ਹੈ ਕਿ ਪੁਲਿਸ ਟਾਰਚਰ ਦੌਰਾਨ ਉਸ ਦੀ ਮੌਤ ਹੋਈ ਸੀ। ਇਸ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮਾਂ ਐਸਪੀ ਬਲਦੇਵ ਸਿੰਘ ਸੈਣੀ ਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51 ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਖ਼ਿਲਾਫ਼ ਮਟੌਰ ਥਾਣੇ ਵਿੱਚ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਪੀ ਬਲਦੇਵ ਸਿੰਘ ਸੈਣੀ ਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ।

LEAVE A REPLY