ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਅੱਜ ਸ਼ੁੱਕਰਵਾਰ ਨੂੰ ਪੰਜ ਤਖਤਾਂ ਦੇ ਸਿੰਘ ਸਾਹਿਬਾਨਾਂ ਦੀ ਵੀਡੀਓ ਕਾਨਫਰੰਸਿਗ ਰਾਹੀਂ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿਚ ਪੰਜਾਂ ਸਿੰਘ ਸਾਹਿਬਾਨਾਂ ਦੁਆਰਾ ਕਈ ਵੱਡੇ ਫ਼ੈਸਲੇ ਲਏ ਗਏ ਹਨ ਜਿਨ੍ਹਾਂ ਵਿਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਵਿਸਾਖੀ ਵਾਲੇ ਦਿਨ ਖਾਲਸਾ ਪੰਥ ਸਾਜਨਾ ਦਿਵਸ ਮੌਕੇ ਵੱਡਾ ਇੱਕਠ ਨਾ ਕਰਨਾ ਵੀ ਸ਼ਾਮਲ ਹੈ।

ਦਰਅਸਲ ਅੱਜ ਹੋਈ ਇਸ ਮੀਟਿੰਗ ਵਿਚ ਪੰਜ ਸਿੰਘ ਸਾਹਿਬਾਨਾਂ ਨੇ ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦਿਆਂ 13 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸਾਰੇ ਗੁਰਦੁਆਰਿਆਂ ਦੀ ਪ੍ਰਬੰਧਕ ਕਮੇਟੀਆਂ ਨੂੰ ਹੁਕਮ ਦਿੱਤਾ ਹੈ ਕਿ ਕੋਈ ਵੀ ਵੱਡਾ ਇੱਕਠ ਕੀਤੇ ਬਿਨਾਂ ਗੁਰਦੁਆਰਾ ਸਾਹਿਬਾਨਾਂ ਅੰਦਰ ਅਖੰਡ ਪਾਠ ਸਾਹਿਬ ਜਾ ਸਹਿਜ ਪਾਠ ਦੇ ਭੋਗ ਪਾਏ ਜਾਣ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇ। ਇਸ ਤੋਂ ਇਲਾਵਾਂ ਸਿੰਘ ਸਾਹਿਬਾਨਾਂ ਨੇ ਹਰ ਸਿੱਖ ਨੂੰ ਘਰੇ ਬੈਠ ਕੇ ਇਸ ਪੂਰਬ ਨੂੰ ਸਮਰਪਿਤ ਇਕ ਸਹਿਜ ਪਾਠ ਕਰਨ ਦੀ ਵੀ ਅਪੀਲ ਕੀਤੀ ਹੈ।

ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿਚ ਅਫਗਾਨਿਸਤਾਨ ਅੰਦਰ ਗੁਰਦੁਆਰਾ ਸਾਹਿਬ ਉੱਤੇ ਹੋਏ ਅੱਤਵਾਦੀ ਹਮਲੇ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ ਹੈ ਅਤੇ ਸੰਸਾਰ ਭਰ ਦੀਆਂ ਸਿੱਖ ਸੰਸਥਾਵਾਂ ਨੂੰ ਵੀ ਅਫਗਾਨਿਸਤਾਨ ਦੇ ਸਿੱਖਾਂ ਦੀ ਬਾਂਹ ਫੜਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਉੱਥੇ ਮੌਜੂਦ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਦੇ ਲਈ ਠੋਸ ਨੀਤੀ ਤਿਆਰ ਕਰਨ ਦਾ ਹੁਕਮ ਦਿੱਤਾ ਹੈ ਅਤੇ ਇਸ ਬਾਰੇ ਅਕਾਲ ਤਖਤ ਸਾਹਿਬ ਨੂੰ ਵੀ ਜਾਣੂ ਕਰਵਾਉਣ ਲਈ ਕਿਹਾ ਗਿਆ ਹੈ। ਬੀਤੇ ਦਿਨ ਕੋਰੋਨਾ ਵਾਇਰਸ ਨਾਲ ਅਕਾਲ ਚਲਾਣਾ ਕਰ ਚੁੱਕੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦੇ ਦੇਹਾਂਤ ਉੱਤੇ ਵੀ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿਚ ਅਫਸੋਸ ਪ੍ਰਗਟ ਕੀਤਾ ਗਿਆ ਹੈ। ਨਾਲ ਹੀ ਲੋਕਾਂ ਨੂੰ ਕੋਰੋਨਾ ਪੀੜਤਾ ਪ੍ਰਤੀ ਸਨਮਾਨਜਨਕ ਵਤੀਰਾ ਅਖਤਿਆਰ ਕਰਨ ਅਤੇ ਸਰਕਾਰ ਨੂੰ ਵੀ ਉਨ੍ਹਾਂ ਦਾ ਖਾਸ ਖਿਆਲ ਰੱਖਣ ਦੀ ਅਪੀਲ ਕੀਤੀ ਗਈ ਹੈ।

LEAVE A REPLY